ਹੁਣੇ ਹੁਣੇ ਪੰਜਾਬ ਦੇ ਮੁੱਖ ਮੰਤਰੀ ਬਾਰੇ ਦਿੱਲੀ ਤੋਂ ਆਈ ਵੱਡੀ ਖ਼ਬਰ

ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਚੋਣ ਲਈ ਦਿੱਲੀ ਵਿੱਚ ਚਰਚਾ ਜਾਰੀ ਹੈ। ਅਜਿਹੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਸੀਨੀਅਰ ਲੀਡਰ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਦੀਆਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕੋਈ ਸਿੱਖ ਚਿਹਰਾ ਹੀ ਮੁੱਖ ਮੰਤਰੀ ਹੋਣਾ ਚਾਹੀਦਾ ਹੈ।ਉਧਰ, ਕਾਂਗਰਸ ਵਿਧਾਇਕ ਦਲ ਦੀ ਅੱਜ ਹੋਣ ਵਾਲੀ ਮੀਟਿੰਗ ਟਾਲ ਦਿੱਤੀ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਅਗਲੇ ਲੀਡਰ ਦੀ ਚੋਣ ਦਾ ਫੈਸਲਾ ਦਿੱਲੀ ਤੋਂ ਹੀ ਹੋਏਗਾ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰ ਹਾਈਕਮਾਨ ਨੂੰ ਦੇ ਦਿੱਤੇ ਹਨ, ਇਸ ਲਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਹੋ ਸਕਦਾ।

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੰਬੇ ਸਮੇਂ ਤਕ ਚੱਲੀ ਖਿੱਚੋਤਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਮਰਿੰਦਰ ਦੇ ਅਸਤੀਫ਼ੇ ਮਗਰੋਂ ਪੰਜਾਬ ਦਾ ਨਵਾਂ ਮੁੱਖ ਮੰਤਰੀ ਚੁਣਨ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ। ਚਰਚਾ ਸੀ ਕਿ ਅੱਜ 11 ਵਜੇ ਪੰਜਾਬ ਕਾਂਗਰਸ ਭਵਨ ‘ਚ ਪਾਰਟੀ ਵਿਧਾਇਕਾਂ ਦੀ ਮੁੜ ਬੈਠਕ ਹੋਵੇਗੀ। ਇਸ ਮੀਟਿੰਗ ‘ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਹੋਏਗਾ ਪਰ ਇਹ ਮੀਟਿੰਗ ਟਲ ਗਈ ਹੈ।

ਇਸ ਤੋਂ ਪਹਿਲਾਂ ਦਿੱਲੀ ‘ਚ ਦੇਰ ਰਾਤ ਤਕ ਰਾਹੁਲ ਗਾਂਧੀ ਦੇ ਘਰ ਬੈਠਕ ਚੱਲੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਅੰਬਿਕਾ ਸੋਨੀ ਇਸ ਬੈਠਕ ‘ਚ ਸ਼ਾਮਲ ਸਨ। ਨਵੇਂ ਵਿਧਾਇਕ ਦਲ ਦੇ ਲੀਡਰ ਦੇ ਤੌਰ ‘ਤੇ ਸਿੱਧੂ ਤੋਂ ਇਲਾਵਾ ਕਾਂਗਰਸ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਰਾਜ ਸਭਾ ਮੈਂਬਰ ਤਪ੍ਰਤਾਪ ਸਿੰਘ ਬਾਜਵਾ ਦੇ ਨਾਂ ਚਰਚਾ ‘ਚ ਹਨ। ਅੰਬਿਕਾ ਸੋਨੀ ਦੇ ਨਾਂ ਦੀ ਚਰਚਾ ਛਿੜੀ ਸੀ ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ।

ਹਾਲਾਂਕਿ ਸੁਨੀਲ ਜਾਖੜ ਦੇ ਨਾਂ ‘ਤੇ ਕਈ ਵਿਧਾਇਕਾਂ ਨੇ ਇਤਰਾਜ਼ ਜਤਾਇਆ ਹੈ। ਇਨ੍ਹਾਂ ਨਾਵਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ, ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੇ ਨਾਵਾਂ ਦੀ ਵੀ ਚਰਚਾ ਹੈ।

ਕਾਂਗਰਸ ਸੂਤਰਾਂ ਦੇ ਮੁਤਾਬਕ ਜੇਕਰ ਪਾਰਟੀ ਹਾਈਕਮਾਨ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕਰਦੀ ਹੈ ਤਾਂ ਫਿਰ ਉਨ੍ਹਾਂ ਦੇ ਨਾਲ ਹਿੰਦੂ ਤੇ ਦਲਿਤ ਭਾਈਚਾਰੇ ਤੋਂ ਦੋ ਉਪ ਮੁੱਖ ਮੰਤਰੀ ਜਾਂ ਫਿਰ ਇਨ੍ਹਾਂ ‘ਚੋਂ ਇੱਕ ਭਾਈਚਾਰੇ ਦਾ ਉਪ ਮੁੱਖ ਮੰਤਰੀ ਤੇ ਦੂਜੇ ਭਾਈਚਾਰੇ ਦਾ ਲੀਡਰ ਸੂਬਾ ਕਾਂਗਰਸ ਕਮੇਟੀ ਦਾ ਪ੍ਰਧਾਨ ਲਾਇਆ ਜਾ ਸਕਦਾ ਹੈ। ਦੂਜੇ ਪਾਸੇ ਅਮਰਿੰਦਰ ਸਿੰਘ ਨੇ ਸਿੱਧੂ ਦੇ ਨਾਂ ਦਾ ਤਿੱਖਾ ਵਿਰੋਧ ਕਰਦਿਆਂ ਉਨ੍ਹਾਂ ‘ਤੇ ਪਾਕਿਸਤਾਨ ਨਾਲ ਸਬੰਧ ਰੱਖਣ ਦਾ ਇਲਜ਼ਾਮ ਲਾਇਆ ਤੇ ਕਿਹਾ ਕਿ ਉਸ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ ਦਾ ਬੇੜਾ ਗਰਕ ਹੋ ਜਾਵੇਗਾ।

Leave a Reply

Your email address will not be published.