ਹੁਣੇ ਹੁਣੇ ਪੰਜਾਬ ਦੇ ਇਸ ਸ਼ਹਿਰ ਲਈ ਜ਼ਾਰੀ ਹੋਏ ਵੱਡੇ ਹੁਕਮ-ਲੱਗੀ ਇਹ ਪਾਬੰਦੀ,ਦੇਖੋ ਪੂਰੀ ਖ਼ਬਰ

ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪੁਲਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੇ ਰੈਸਟੋਰੈਂਟਾਂ, ਬਾਰਾਂ, ਪੱਬਾਂ ਆਦਿ ਵਿਚ ਗਾਹਕਾਂ ਦੇ ਦਾਖ਼ਲ ਹੋਣ ਅਤੇ ਉਨ੍ਹਾਂ ਨੂੰ ਭੋਜਨ, ਸ਼ਰਾਬ ਆਦਿ ਪ੍ਰੋਸਣ ਸਬੰਧੀ ਸਮਾਂ ਹੱਦ ਬਾਰੇ ਹੁਕਮ ਜਾਰੀ ਕੀਤੇ ਹਨ। ਧਾਰਾ 144 ਤਹਿਤ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅਨੇਕਾਂ ਰੈਸਟੋਰੈਂਟ, ਬਾਰ, ਕਲੱਬ, ਪੱਬ ਦੇਰ ਰਾਤ ਤੱਕ ਖੁੱਲ੍ਹੇ ਰਹਿੰਦੇ ਹਨ ਅਤੇ ਇਨ੍ਹਾਂ ਵੱਲੋਂ ਡੀ. ਜੇ. ਵੀ ਰਾਤ 10 ਵਜੇ ਤੋਂ ਬਾਅਦ ਤੱਕ ਵਜਾਇਆ ਜਾਂਦਾ ਹੈ ਜਿਸ ਕਰਕੇ ਜਿੱਥੇ ਆਵਾਜ਼ ਪ੍ਰਦੂਸ਼ਣ ਹੁੰਦਾ ਹੈ, ਉਥੇ ਹੀ ਸ਼ਾਂਤੀ ਵੀ ਭੰਗ ਹੁੰਦੀ ਹੈ। ਜਾਰੀ ਹੁਕਮਾਂ ਵਿਚ ਡਿਪਟੀ ਕਮਿਸ਼ਨਰ ਪੁਲਸ ਜਲੰਧਰ ਵੱਲੋਂ ਕਿਹਾ ਗਿਆ ਹੈ ਕਿ ਪੁਲਸ ਕਮਿਸ਼ਨਰੇਟ ਦੀ ਹੱਦ ਅੰਦਰ ਕਿਸੇ ਵੀ ਰੈਸਟੋਰੈਂਟ, ਬਾਰ ਅਤੇ ਪੱਬਾਂ ਵਿਚ ਰਾਤ 11 ਵਜੇ ਤੋਂ ਬਾਅਦ ਭੋਜਨ, ਸ਼ਰਾਬ ਆਦਿ ਨਹੀਂ ਪਰੋਸੀ ਜਾਵੇਗੀ। ਇਸ ਤੋਂ ਇਲਾਵਾ ਰਾਤ 11 ਵਜੇ ਤੋਂ ਬਾਅਦ ਕਿਸੇ ਵੀ ਨਵੇਂ ਗਾਹਕ ਨੂੰ ਰੈਸਟੋਰੈਂਟ, ਕਲੱਬ, ਪਾਰ, ਪੱਬ ਵਿੱਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜਿਨ੍ਹਾਂ ਰੈਸਟੋਰੈਂਟਾਂ, ਕਲੱਬਾਂ, ਪੱਬਾਂ ਅਤੇ ਬਾਰਾਂ ਪਾਸ ਸ਼ਰਾਬ ਪਰੋਸਣ ਆਦਿ ਦੇ ਲਾਇਸੈਂਸ ਹਨ, ਉਹ ਰਾਤ 12 ਵਜੇ ਤੱਕ ਹਰ ਹਾਲ ਵਿਚ ਬੰਦ ਹੋ ਜਾਣੇ ਚਾਹੀਦੇ ਹਨ।

ਜਿਹੜੇ ਅਹਾਤੇ ਸ਼ਰਾਬ ਦੇ ਠੇਕਿਆਂ ਦੇ ਨਾਲ ਜੁੜੇ ਹਨ ਉਨ੍ਹਾਂ ਨੂੰ ਲਾਇਸੰਸ ਦੀਆਂ ਸ਼ਰਤਾਂ ਅਨੁਸਾਰ ਰਾਤ 11 ਵਜੇ ਤੋਂ ਪਹਿਲਾਂ ਪਹਿਲਾਂ ਬੰਦ ਕਰਨਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਸਮਾਗਮਾਂ ਵਿਚ ਡੀ. ਜੇ.,ਆਰਕੈਸਟਰਾ ਅਤੇ ਗਾਇਕਾਂ ਦੇ ਗਾਉਣ ਦੀ ਸਮਾਂ ਹੱਦ ਰਾਤ 10 ਵਜੇ ਤੱਕ ਹੈ। ਇਸ ਤੋਂ ਇਲਾਵਾ ਵਾਹਨਾਂ ਵਿਚ ਲੱਗੇ ਮਿਊਜ਼ਿਕ ਸਿਸਟਮ ਲਈ ਜਾਰੀ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾਣਾ ਜ਼ਰੂਰੀ ਹੋਵੇਗਾ ਕਿ ਸੰਗੀਤ ਦੀ ਆਵਾਜ਼ ਵਾਹਨ ਤੋਂ ਬਾਹਰ ਸੁਣਾਈ ਨਾ ਦੇਵੇ।

ਉਨ੍ਹਾਂ ਵੱਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।

ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਸ, ਜਲੰਧਰ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ।

ਡਿਪਟੀ ਕਮਿਸ਼ਨਰ ਪੁਲਸ ਜਲੰਧਰ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਪੁਲਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ,ਹਸਪਤਾਲ, ਭੀੜ ਵਾਲੇ ਬਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ ) ਸੀ. ਸੀ. ਟੀ. ਵੀ. ਕੈਮਰੇ ਲਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ. ਸੀ. ਟੀ. ਵੀ. ਕੈਮਰੇ ਇਸ ਤਾਰੀਕੇ ਨਾਲ ਲਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ. ਸੀ. ਟੀ. ਵੀ. ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ. ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਓਰਿਟੀ ਬ੍ਰਾਂਚ ਦਫ਼ਤਰ ਪੁਲਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾ ਕਰਵਾਈ ਜਾਵੇ । ਉਪਰੋਕਤ ਇਹ ਸਾਰੇ ਹੁਕਮ 02.05.2021 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *