ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਏਥੇ ਮਿਲੇ ਇਕਠੇ 57 ਪੋਜ਼ੀਟਿਵ ਅਤੇ ਇੱਕ ਮੌਤ

ਲੁਧਿਆਣਾ, (ਸਹਿਗਲ)- ਕੋਰੋਨਾ ਵਾਇਰਸ ਦੇ ਕਹਿਰ ਕਾਰਨ ਸ਼ਹਿਰ ’ਚ ਇਕ 55 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਉਕਤ ਮਰੀਜ਼ ਜਗੀਰਪੁਰ, ਰਾਹੋਂ ਰੋਡ ਦਾ ਰਹਿਣ ਵਾਲਾ ਸੀ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਭਰਤੀ ਸੀ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਲੁਧਿਆਣਾ ’ਚ ਕੋਵਿਡ-19 ਬੀਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਹੋ ਰਿਹਾ ਹੈ।

ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ’ਚ 488 ਮਰੀਜ਼ਾਂ ਦਾ ਇਲਾਜ ਜਾਰੀ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ 57 ਨਵੇਂ ਮਾਮਲੇ ਸਾਹਮਣੇ ਆਏ ਹਨ। ਮਰੀਜ਼ਾਂ ’ਚ 3 ਪੁਲਸ ਮੁਲਾਜ਼ਮ ਵੀ ਸ਼ਾਮਲ ਹਨ। ਇਨ੍ਹਾਂ ’ਚੋਂ ਇਕ 35 ਸਾਲਾ ਮੁਲਾਜ਼ਮ ਪੁਲਸ ਲਾਈਨ ਸਥਿਤ ਕੰਟਰੋਲ ਰੂਮ ’ਚ ਕੰਮ ਕਰਦਾ ਹੈ, ਜਦੋਂਕਿ ਦੂਜਾ 30 ਸਾਲਾ ਜਵਾਨ ਪੁਲਸ ਡਵੀਜ਼ਨ ਮੋਤੀ ਨਗਰ ਅਤੇ ਇਕ 55 ਸਾਲਾ ਪੁਲਸ ਮੁਲਾਜ਼ਮ ਪੁਲਸ ਥਾਣਾ ਦਾਖਾ ’ਚ ਕੰਮ ਕਰਦਾ ਹੈ। ਇਸ ਤੋਂ ਇਲਾਵਾ ਇਕ ਹੈਲਥ ਕੇਅਰ ਵਰਕਰ ਵੀ ਹੈ। ਅੱਜ ਸਾਹਮਣੇ ਆਏ ਮਰੀਜ਼ਾਂ ’ਚ 3 ਸਾਲਾ ਬੱਚੀ ਤੋਂ ਲੈ ਕੇ 75 ਸਾਲਾ ਬਜ਼ੁਰਗ ਔਰਤ ਵੀ ਮਰੀਜ਼ਾਂ ’ਚ ਸ਼ਾਮਲ ਹੈ।

ਸ਼੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਸ ਬੀਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲਾ ਲੁਧਿਆਣਾ ’ਚ ਹੁਣ ਤੱਕ ਕੁੱਲ 47,149 ਨਮੂਨੇ ਲਏ ਗਏ ਹਨ, ਜਿਨ੍ਹਾਂ ’ਚੋਂ 45,768 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ’ਚੋਂ 43,852 ਨਤੀਜੇ ਨੈਗੇਟਿਵ ਆਏ ਹਨ, ਜਦਕਿ 1381 ਨਮੁੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸਬੰਧਤ 1632 ਮਾਮਲੇ ਪਾਜ਼ੇਟਿਵ ਪਾਏ ਗਏ ਹਨ, ਜਦਕਿ 290 ਮਰੀਜ਼ ਹੋਰ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦ-ਕਿਸਮਤੀ ਨਾਲ 40 ਮੌਤਾਂ ਜ਼ਿਲਾ ਲੁਧਿਆਣਾ ਨਾਲ ਸਬੰਧਤ ਅਤੇ 33 ਹੋਰ ਜ਼ਿਲਿਆਂ ਨਾਲ ਸਬੰਧਤ ਹੋਈਆਂ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ 17,138 ਵਿਅਕਤੀਆਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2641 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 194 ਵਿਅਕਤੀਆਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ-19 ਤੋਂ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿਚ ਹੈ। ਇਸੇ ਤਰ੍ਹਾਂ ਅੱਜ ਵੀ 1100 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

ਲੁਧਿਆਣਾ, (ਰਿਸ਼ੀ, ਸਹਿਗਲ)-ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਲਈ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਉਲੰਘਣਾਂ ਕਰਨ ’ਤੇ ਹੁਣ ਤੱਕ 1 ਕਰੋੜ 14 ਲੱਖ ਤੋਂ ਵੱਧ ਜ਼ੁਰਮਾਨਾ ਰਾਸ਼ੀ ਦੇ ਚਲਾਨ ਕੱਟੇ ਜਾ ਚੁੱਕੇ ਹਨ। ਇਸ ਸਬੰਧੀ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਦੀ ਉਲੰਘਣਾ ਲਈ 27,700 ਲੋਕਾਂ ਦੇ 1 ਕਰੋੜ 14 ਲੱਖ 83 ਹਜ਼ਾਰ 8 ਸੌ ਰੁਪਏ ਦੇ ਚਲਾਨ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਮਾਸਕ ਨਾ ਪਹਿਨਣ ’ਤੇ 25,419 ਚਲਾਨ ਕਰ ਕੇ 1 ਕਰੋੜ 11 ਲੱਖ 96 ਸੌ ਰੁਪਏ ਦੇ ਜ਼ੁਰਮਾਨੇ ਕੀਤੇ ਗਏ। ਇਸੇ ਤਰ੍ਹਾਂ 8 ਵਿਅਕਤੀ ਇਕਾਂਤਵਾਸ ਦੀ ਉਲੰਘਣਾ ਕਰਨ ਦੇ ਦੋਸ਼ੀ ਪਾਏ ਗਏ, ਜਿਨ੍ਹਾਂ ਨੂੰ 11 ਹਜ਼ਾਰ 500 ਰੁਪਏ ਦੇ ਜ਼ੁਰਮਾਨੇ ਕੀਤੇ ਗਏ। ਇਸੇ ਤਰ੍ਹਾਂ ਜਨਤਕ ਥਾਵਾਂ ’ਤੇ ਥੁੱਕਣ ਦੇ ਦੋਸ਼ ’ਚ 2195 ਚਲਾਨ ਕਰ ਕੇ 2 ਲੱਖ 25 ਹਜ਼ਾਰ 700 ਰੁਪਏ ਦੇ ਜ਼ੁਰਮਾਨੇ ਕੀਤੇ ਗਏ। ਇਸ ਤੋਂ ਇਲਾਵਾ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੇ 78 ਵਿਅਕਤੀਆਂ ਦੇ ਚਲਾਨ ਕਰ ਕੇ 1 ਲੱਖ 37 ਹਜ਼ਾਰ ਰੁਪਏ ਦੇ ਜ਼ੁਰਮਾਨੇ ਕੀਤੇ ਗਏ।

ਪੁਲਸ ਕਮਿਸ਼ਨਰ ਨੇ ਸ਼ਹਿਰ ’ਚ ਵਧ ਰਹੇ ਪਾਜ਼ੇਟਿਵ ਮਾਮਲਿਆਂ ਸਬੰਧੀ ਇਹ ਸਖ਼ਤ ਹਦਾਇਤ ਕੀਤੀ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਚਾਲਾਨ ਉਪ-ਮੰਡਲ ਮੈਜਿਸਟ੍ਰੇਟ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਸਬ-ਰਜਿਸਟਰਾਰ, ਪੁਲਸ ਅਧਿਕਾਰੀ ਜਾਂ ਗਜ਼ਟਿਡ ਅਧਿਕਾਰੀਆਂ ਵੱਲੋਂ ਕੱਟੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਧਾਰਾ 144 ਲਾਗੂ ਹੋਣ ਕਰ ਕੇ ਇਸ ਸਬੰਧੀ ਕਿਸੇ ਤਰ੍ਹਾਂ ਦੀ ਢਿੱਲ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

Leave a Reply

Your email address will not be published. Required fields are marked *