ਜ਼ਿਲਾ ਬਰਨਾਲਾ ਦੇ ਇੱਕ ਕਿਸਾਨ ਦੀ ਦਿੱਲੀ ਮੋਰਚੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਢਿੱਲਵਾਂ ਨਿਵਾਸੀ 50 ਸਾਲਾ ਕਿਸਾਨ ਨਾਜਰ ਸਿੰਘ ਪੁੱਤਰ ਮੁਨਸ਼ੀ ਸਿੰਘ ਕਈ ਦਿਨਾਂ ਤੋਂ ਦਿੱਲੀ ਬਾਰਡਰ ’ਤੇ ਕਿਸਾਨੀ ਘੋਲ ’ਚ ਸ਼ਾਮਲ ਸੀ।
ਜਿੱਥੇ ਉਸਦੀ ਸਿਹਤ ਵਿਗੜ ਗਈ ਅਤੇ ਉਹ ਵਾਪਸ ਪਿੰਡ ਪਰਤ ਰਿਹਾ ਸੀ। ਪਰ ਰਸਤੇ ਵਿੱਚ ਉਸਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਸਰਗਰਮ ਮੈਂਬਰ ਸੀ। ਕਿਸਾਨ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਅਨੁਸਾਰ ਮ੍ਰਿਤਕ ਨਾਜਰ ਸਿੰਘ ਛੋਟੀ ਖੇਤੀ ਕਰਨ ਵਾਲਾ ਕਿਸਾਨ ਸੀ, ਜੋ 10 ਲੱਖ ਰੁਪਏ ਦਾ ਕਰਜ਼ਈ ਸੀ। ਉਹ ਆਪਣੇ ਪਿੱਛੇ ਪਤਨੀ, ਲੜਕਾ ਅਤੇ ਲੜਕੀ ਛੱਡ ਗਿਆ।
ਕਿਸਾਨ ਜੱਥੇਬੰਦੀ ਵਲੋਂ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਅੱਗੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸੀ, ਪਰਿਵਾਰ ਦੀ ਸਾਰੀ ਕਰਜ਼ਾ ਮੁਆਫ਼ੀ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਹੈ। ਤਿੰਨਾਂ ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਕਿਸਾਨ ਦਾ ਅੰਤਿਮ ਸਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਫ਼ਿਲਹਾਲ ਮ੍ਰਿਤਕ ਨਾਜਰ ਸਿੰਘ ਦੀ ਮ੍ਰਿਤਕ ਦੇਹ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ। ਘਟਨਾ ਉਪਰੰਤ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪ੍ਰਸ਼ਾਸ਼ਨ ਵਲੋਂ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਅਤੇ ਡੀਐੱਸਪੀ ਤਪਾ ਬਲਜੀਤ ਸਿੰਘ ਬਰਾੜ ਪੁੱਜੇ।
ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਕਾਗਜ਼ੀ ਕਾਰਵਾਈ ਪੂਰੀ ਕਰਕੇ ਜ਼ਿਲਾ ਪ੍ਰਸ਼ਾਸ਼ਨ ਤੱਕ ਪਹੁੰਚਦੀ ਕੀਤੀ ਗਈ ਹੈ। ਉਧਰ ਕਿਸਾਨ ਨਾਜਰ ਸਿੰਘ ਦੀ ਮੌਤ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਬਲਦੇਵ ਸਿੰਘ ਚੂੰਘਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਐਸਜੀਪੀਸੀ ਵਲੋਂ 1 ਲੱਖ ਰੁਪਏ ਆਰਥਿਕ ਮੱਦਦ ਦੇਣ ਦਾ ਭਰੋਸਾ ਦਿੱਤਾ।