ਪੰਜਾਬ ਚ’ ਅੱਜ ਤੋਂ ਬੱਸਾਂ ਚ’ ਫਰੀ ਸਫ਼ਰ ਕਰਨਗੀਆਂ ਔਰਤਾਂ ਪਰ ਕੋਲ ਰੱਖਣੇ ਪੈਣਗੇ ਇਹ ਦਸਤਾਵੇਜ-ਦੇਖੋ ਪੂਰੀ ਖ਼ਬਰ

ਪੰਜਾਬ ਵਿਚ ਬੀਬੀਆਂ ਪਹਿਲੀ ਅਪ੍ਰੈਲ ਮਤਲਬ ਕਿ ਅੱਜ ਤੋਂ ਸਾਰੀਆਂ ਸਰਕਾਰੀ ਬੱਸਾਂ ਵਿਚ ਸੂਬੇ ਵਿਚ ਮੁਫ਼ਤ ਸਫਰ ਕਰਨਗੀਆਂ। ਇਸ ਫ਼ੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ ਗਈ ਹੈ।

ਸੂਬੇ ਵਿਚ ਜਨਾਨੀਆਂ ਤੇ ਕੁੜੀਆਂ ਦੇ ਸਸ਼ਕਤੀਕਰਨ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿਚ ਬੀਬੀਆਂ ਲਈ ਮੁਫ਼ਤ ਸਫਰ ਦੀ ਸਕੀਮ ਦਾ ਐਲਾਨ ਕੀਤਾ ਸੀ।ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿਚ 1.31 ਕਰੋੜ ਜਨਾਨੀਆਂ/ਕੁੜੀਆਂ ਨੂੰ ਹੋਵੇਗਾ। 2011 ਦੀ ਮਰਦਮਸ਼ੁਮਾਰੀ ਅਨੁਸਾਰ ਪੰਜਾਬ ਵਿਚ ਕੁੱਲ ਵਸੋਂ 2.77 ਕਰੋੜ ਹੈ, ਜਿਸ ਵਿਚ 1,46,39,465 ਪੁਰਸ਼ ਅਤੇ 1,31,03,873 ਬੀਬੀਆਂ ਹਨ।

ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਬੀਬੀਆਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿਚ ਮੁਫ਼ਤ ਸਫਰ ਕਰ ਸਕਣਗੀਆਂ, ਜਿਸ ਵਿਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.), ਪੰਜਾਬ ਰੋਡਵੇਜ਼ ਬੱਸ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਿਜ਼ ਸ਼ਾਮਲ ਹਨ।

ਇਹ ਸਕੀਮ ਸਰਕਾਰੀ ਏ. ਸੀ. ਬੱਸਾਂ, ਵਾਲਵੋ ਬੱਸਾਂ ਤੇ ਐੱਚ. ਵੀ. ਏ. ਸੀ. ਬੱਸਾਂ ਵਿਚ ਲਾਗੂ ਨਹੀਂ ਹੋਵੇਗੀ |ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵੱਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ।

ਪੰਜਾਬ ਸਰਕਾਰ ਦੇ ਮੁਲਾਜ਼ਮ, ਜਿਹੜੇ ਚੰਡੀਗੜ੍ਹ ਰਹਿੰਦੇ ਹਨ, ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਬੀਬੀਆਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਬੀਬੀਆਂ ਵੀ ਇਸ ਸਹੂਲਤ ਦਾ ਫਾਇਦਾ ਲੈ ਸਕਦੀਆਂ ਹਨ। ਉਹ ਭਾਵੇਂ ਕਿਸੇ ਵੀ ਉਮਰ ਵਰਗ, ਆਮਦਨ ਮਾਪਦੰਡ ਦੇ ਦਾਇਰੇ ਵਿਚ ਆਉਂਦੀਆਂ ਹੋਣ, ਸਭ ਸਰਕਾਰੀ ਬੱਸਾਂ ਵਿਚ ਮੁਫ਼ਤ ਸਫਰ ਕਰ ਸਕਦੀਆਂ ਹਨ।

Leave a Reply

Your email address will not be published. Required fields are marked *