ਦੇਸ਼ ਵਿੱਚ ਜਾਰੀ ਕੋਰੋਨਾ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਆਕਸੀਜਨ ਦੀ ਸਪਲਾਈ ਅਤੇ ਦਵਾਈਆਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ ਗਿਆ ।ਮੀਟਿੰਗ ਵਿੱਚ ਕੋਰੋਨਾ ਦੀ ਲਾਗ ਤੋਂ ਠੀਕ ਹੋਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵਿੱਚ ਮਯੁਕਰਮਾਈਕੋਸਿਸ ਦੀ ਸ਼ਿਕਾਇਤ ਵੀ ਆ ਰਹੀ ਹੈ। ਇਸ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ।
ਇਸ ਬੈਠਕ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਗਿਆ ਕਿ ਸਰਕਾਰ ਕੋਰੋਨਾ ਦੇ ਨਾਲ-ਨਾਲ ਮਯੁਕਰਮਾਈਕੋਸਿਸ (ਬਲੈਕ ਫੰਗਸ) ਦੀਆਂ ਦਵਾਈਆਂ ਦੀ ਸਪਲਾਈ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ।ਬੈਠਕ ਵਿੱਚ ਮੌਜੂਦ ਮੰਤਰੀਆਂ ਨੇ ਦੱਸਿਆ ਕਿ ਉਹ ਉਤਪਾਦਨ ਵਧਾਉਣ ਨੂੰ ਲੈ ਕੇ ਲਗਾਤਾਰ ਨਿਰਮਾਤਾਵਾਂ ਦੇ ਸੰਪਰਕ ਵਿੱਚ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੂੰ ਦਵਾਈਆਂ ਦੇ ਕੱਚੇ ਮਾਲ ਦੇ ਮੌਜੂਦਾ ਉਤਪਾਦਨ ਅਤੇ ਸਟਾਕ ਬਾਰੇ ਵੀ ਜਾਣਕਾਰੀ ਦਿੱਤੀ ਗਈ ।
ਪ੍ਰਧਾਨ ਮੰਤਰੀ ਮੋਦੀ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਰਾਜਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਦੀ ਸਪਲਾਈ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਰੇਮੇਡੇਸਿਵਿਰ ਵਰਗੀਆਂ ਦਵਾਈਆਂ ਦਾ ਉਤਪਾਦਨ ਲਗਾਤਾਰ ਵੱਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਫਾਰਮ ਸੈਕਟਰ ਤੇ ਸਰਕਾਰ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਆਕਸੀਜਨ ਦੀ ਉਪਲਬਧਤਾ ਅਤੇ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ । ਉਨ੍ਹਾਂ ਨੂੰ ਦੱਸਿਆ ਗਿਆ ਕਿ ਪਹਿਲੀ ਲਹਿਰ ਦੇ ਮੁਕਾਬਲੇ ਇਸ ਵਾਰ ਆਕਸੀਜਨ ਦੀ ਸਪਲਾਈ ਤਿੰਨ ਗੁਣਾ ਵੱਧ ਗਈ ਹੈ ।
ਪ੍ਰਧਾਨ ਮੰਤਰੀ ਨੂੰ ਰੇਲਵੇ ਤੇ ਹਵਾਈ ਫੌਜ ਵੱਲੋਂ ਆਕਸੀਜਨ ਦੀ ਸਪਲਾਈ ਨੂੰ ਲੈ ਕੇ ਕੀਤੇ ਜਾ ਰਹੇ ਆਪ੍ਰੇਸ਼ਨ ਦੀ ਜਾਣਕਾਰੀ ਵੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਆਕਸੀਜਨ ਕੰਸਨਟ੍ਰੇਟਰ, ਸਿਲੰਡਰ ਦੀ ਖਰੀਦ ਦੇ ਨਾਲ-ਨਾਲ ਦੇਸ਼ ਭਰ ਵਿੱਚ ਲਗਾਏ ਜਾ ਰਹੇ ਪੀਐਸਏ ਆਕਸੀਜਨ ਪਲਾਂਟਾਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਦਿੱਤੀ ਗਈ ।